*👉🏻 ਜਲੰਧਰ ਡੀ.ਸੀ ਨੇ ਵਿਭਾਗਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ* *👉🏻 ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਡਿਊਟੀਆਂ*
ਜਲੰਧਰ,25 ਅਗਸਤ 2019-(ਪ੍ਰਦੀਪ ਭੱਲਾ)-ਜ਼ਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾ ਨੂੰ ਮੁੜ ਵਸੇਬੇ ਵਿੱਚ ਲਿਆਉਣ ਦੇ ਮੰਤਵ ਲਈ ਮਿਆਦ ਤੈਅ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਾਰੇ ਵਿਭਾਗਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਇਹਨਾਂ ਪਿੰਡਾ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ ਹੈ। ਇਥੇ ਬੀ.ਡੀ.ਪੀ.ਓ ਦਫ਼ਤਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਪਾਣੀ ਤੇਜੀ ਨਾਲ ਘੱਟ ਰਿਹਾ ਹੈ ਤਾਂ ਜ਼ਿਲ੍ਹਾ ਪ੍ਰਸਾਸ਼ਨ ਨੂੰ ਠੋਸ ਯੋਜਨਾ ਬਣਾਉਣ ਦੀ ਜਰੂਰਤ ਹੈ ਕਿ ਆਉਣ ਵਾਲੇ ਸਮੇ ਵਿੱਚ ਹੜ ਪ੍ਰਭਾਵਿਤ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਜਿੰਦਗੀ ਸੱਤ ਦਿਨਾਂ ਦੇ ਅੰਦਰ-ਅੰਦਰ ਪਹਿਲਾਂ ਵਾਂਗ ਚੱਲ ਪਵੇ। ਉਹਨਾਂ ਨੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ, ਮੰਡੀ ਬੋਰਡ ਅਤੇ ਪੇਂਡੂ ਵਿਕਾਸ ਵਿਭਾਗਾਂ ਨੂੰ ਹੜ ਪ੍ਰਭਾਵਿਤ ਪਿੰਡਾਂ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ ਕਿਹਾ।
ਸ਼੍ਰੀ ਸ਼ਰਮਾ ਨੇ ਮੰਡੀ ਬੋਰਡ ਅਤੇ ਦਿਹਾਤੀ ਵਿਕਾਸ ਵਿਭਾਗ ਨੂੰ ਵੀ ਸੜਕਾਂ ਦੀ ਤੁਰੰਤ ਮੁਰੰਮਤ ਲਈ ਲੋਂੜੀਂਦੇ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਆਵਾਜਾਈ ਯਕੀਨੀ ਹੋ ਸਕੇ। ਡਿਪਟੀ ਕਮਿਸ਼ਨਰ ਨੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਨੂੰ ਕਿਹਾ ਕਿ ਉਹ ਲੋੜੀਂਦੇ ਸਰੋਤਾਂ ਰਾਹੀਂ ਪੰਪ ਲਗਾ ਕੇ ਪਿੰਡਾਂ ਦੀਆਂ ਗਲੀਆਂ ਅਤੇ ਸੜਕਾਂ ਦੀ ਸਫਾਈ ਨੂੰ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਿਮਾਰੀਆਂ ਫੈਲਣ ਦੀ ਰੋਕਥਾਮ ਲਈ ਸਫਾਈ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸ਼੍ਰੀ ਸ਼ਰਮਾ ਨੇ ਪਸ਼ੂ ਪਾਲਣ ਵਿਭਾਗ ਨੂੰ ਮਰੇ ਹੋਏ ਪਸ਼ੂਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਛੇਤੀ ਦਫਨਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਵਧੇਰੇ ਫੋਗਿੰਗ ਮਸ਼ੀਨਾਂ ਲਗਾਈਆਂ ਜਾਣ। ਸ਼੍ਰੀ ਸ਼ਰਮਾ ਨੇ ਕਿਹਾ ਕਿ ਸਾਰੇ ਪਿੰਡਾਂ ਵਿੱਚ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਡੀਕਲ ਕੈਂਪ ਲਾਏ ਜਾਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਿਮਾਰੀ ਤੋਂ ਬਚਾਓ ਲਈ ਓ.ਆਰ.ਐੱਸ ਪੈਕੇਟ ਪ੍ਰਭਾਵਿਤ ਪਿੰਡਾਂ ਨੂੰ ਵੱਡੇ ਜਾਣ। ਉਨ੍ਹਾਂ ਕਿਹਾ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਅਗਲੇ 15 ਦਿਨਾਂ ਤੱਕ ਹੜ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਦੂਸ਼ਿਤ ਪਾਣੀ ਪੀ ਕੇ ਬਿਮਾਰ ਨਾ ਹੋਣ। ਸ਼੍ਰੀ ਸ਼ਰਮਾ ਨੇ ਇਹ ਵੀ ਕਿਹਾ ਕਿ ਕਲੋਰੀਨ ਦੀਆਂ ਗੋਲੀਆਂ ਪਿੰਡਾਂ ਵਿੱਚ ਜਰੂਰ ਦਿੱਤੀਆਂ ਜਾਣ ਤਾਂ ਜੋ ਲੋਕ ਸਾਫ਼ ਪਾਣੀ ਪੀ ਸਕਣ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਾਣੀ ਨਾਲ ਹੋਣ ਵਾਲੀ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਐਂਟੀ ਲਾਰਵਾ ਸਪ੍ਰੇਅ ਯਕੀਨੀ ਬਣਾਉਣ। ਉਨ੍ਹਾਂ ਪਸੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ ਖੁਰਾਕ ਦੀ ਸਪਲਾਈ ਦੇ ਨਾਲ ਨਾਲ ਪਸ਼ੂਆਂ ਲਈ ਸਹੀ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ। ਸ਼੍ਰੀ ਸ਼ਰਮਾ ਨੇ ਪਾਣੀ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵਾਟਰ ਵਰਕਸ ਦੀ ਸਫਾਈ ਕਰਕੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਚਾਲੂ ਕਰਨ ਲਈ ਕਿਹਾ। ਇਸੇ ਤਰਾਂ ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੂੰ ਜਲਦੀ ਤੋਂ ਜਲਦੀ ਬਿਜਲੀ ਦੀ ਸਪਲਾਈ ਬਹਾਲ ਕਰਨ ਲਈ ਵੱਡੀ ਮੁਹਿੰਮ ਚਲਾਈ ਜਾਵੇ। ਇਸ ਮੌਕੇ ਉਪਮੰਡਲ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਅਤੇ ਡਾ. ਚਾਰੂਮਿਤਾ, ਸਹਾਇਕ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆਂ, ਸਿਵਲ ਸਰਜਨ ਡਾ.ਗੁਰਿੰਦਰ ਚਾਵਲਾ, ਜ਼ਿਲ੍ਹਾ ਮਾਲ ਅਫ਼ਸਰ, ਸ਼੍ਰੀ ਜਸਨਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜਰ ਸਿਘ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ਼੍ਰੀ ਨਰਿੰਦਰ ਸਿੰਘ ਅਤੇ ਹੋਰ ਵੀ ਹਾਜਰ ਸਨ।
